ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। 

ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਦਮਿਕ ਖੇਤਰ ਨੂੰ ਉਨ੍ਹਾਂ ਦੀ ਦੇਣ ਕਦੇ ਨਹੀਂ ਭੁਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿੰਡ ਚਲੈਲਾ ਤੋਂ ਉੱਠ ਕੇ ਉਨ੍ਹਾਂ ਆਪਣੀ ਸਖਤ ਮਿਹਨਤ ਨਾਲ ਉੱਚ ਵਿਦਿਆ ਹਾਸਲ ਕਰਕੇ ਅਧਿਆਪਨ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਿਵੇਂ ਫੁੱਲਾਂ ਤੇ ਟਹਿਣੀਆਂ ਤੋਂ ਪਤਾ ਲੱਗਦਾ ਹੈ ਕਿ ਦਰਖੱਤ ਕਿੰਨਾ ਮਜ਼ਬੂਤ ਹੈ, ਉਵੇਂ ਇਕ ਸੁਹਿਰਦ ਤੇ ਸਮਰਪਿਤ ਅਧਿਆਪਕ ਦੇ ਕਾਮਯਾਬ ਵਿਦਿਆਰਥੀ ਅਤੇ ਉਨ੍ਹਾਂ ਦੀ ਔਲਾਦ ਦੱਸਦੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਸੰਸਕਾਰ ਮਿਲੇ ਹਨ।

 ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਵਰਮਾ ਉੱਘੇ ਸਿੱਖਿਆ ਸ਼ਾਸਤਰੀ ਸਨ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।ਉਨ੍ਹਾ ਵਰਮਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।    

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੇ ਅਧਿਆਪਕ ਪ੍ਰੋ. ਵਰਮਾ ਨੂੰ ਸਿਜਦਾ ਕਰਦਿਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ ਵਰਮਾ ਸਾਡੇ ਆਦਰਸ਼ ਅਧਿਆਪਕ ਸਨ ਜੋ ਵਿਦਿਆਰਥੀਆਂ ਦੇ ਰੋਲ ਮਾਡਲ ਸਨ ਜਿਨ੍ਹਾਂ ਦੀ ਤਰਜੀਹ ਹਮੇਸ਼ਾ ਵਿਦਿਆਰਥੀ ਰਹੇ ਹਨ। ਪ੍ਰੋ ਵਰਮਾ ਹਮੇਸ਼ਾ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਘਰ ਮੁਫ਼ਤ ਪੜ੍ਹਾਉਂਦੇ।

ਰਸਮ ਪਗੜੀ ਤੇ ਆਰਤੀ ਤੋਂ ਪਹਿਲਾਂ ਸ੍ਰੀ ਗਰੁੜ ਪੁਰਾਣ ਜੀ ਦਾ ਭੋਗ ਪਾਇਆਂ ਗਿਆ ਅਤੇ ਲੀਜ਼ਾ ਡਾਬਰ ਦੀ ਮੰਡਲੀ ਵੱਲੋਂ ਭਜਨ ਕੀਤਾ ਗਿਆ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ,ਸੁਨੀਲ ਜਾਖੜ,ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਗੁਰਮੀਤ ਸਿੰਘ ਖੁੱਡੀਆ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਤੇ ਵਿਧਾਇਕ,  ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਸਿਵਲ ਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate