ਖੇਤੀਬਾੜੀ ਵਿਭਾਗ ਵੱਲੋਂ ਬਲਾਕ ਫਾਜ਼ਿਲਕਾ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਫਾਜ਼ਿਲਕਾ 4 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਤੇ ਬਲਾਕ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫਸਰ, ਸਰਕਲ ਅਭੁਨ ਸ਼੍ਰੀਮਤੀ ਸ਼ਿਫਾਲੀ ਕੰਬੋਜ ਅਤੇ ਖੇਤੀਬਾੜੀ ਵਿਕਾਸ ਅਫਸਰ, ਬਲਾਕ ਫਾਜ਼ਿਲਕਾ ਸ਼੍ਰੀ ਹਰੀਸ਼ ਕੰਬੋਜ ਵੱਲੋਂ ਪਿੰਡ ਲਾਲੋਵਾਲੀ/ਤੁਰਕਾਵਾਲੀ ਵਿਖੇ ਵੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ।
ਮੁੱਖ ਖੇਤੀਬਾੜੀ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਬਲਾਕਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਜਜਬ ਕਰਨ ਸਬੰਧੀ ਵੱਖ-ਵੱਖ ਤਰੀਕੇ/ਮਸ਼ੀਨਾਂ (ਹੈਪ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ) ਅਤੇ ਖੇਤਾਂ ਤੋਂ ਬਾਹਰ (ਬੇਲਰ/ਰੈਕ) ਪਰਾਲੀ ਦੀਆਂ ਗੱਠਾਂ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀਂ ਤਕਨੀਕ ਸਰਫੇਸ ਸੀਡਰ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ| ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ | ਇਸ ਕੰਮ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਿਆ ਜਾ ਸਕੇ|



