ਜਲੰਧਰ ਦੇ ਡੀਸੀ ਨੇ ਆਂਗਣਵਾੜੀ ਕੇਂਦਰਾਂ ਦੇ ਨੰਨ੍ਹੇ ਮੁੰਨਿਆਂ ਨੂੰ ਖਿਡੌਣੇ ਵੰਡੇ
ਜਲੰਧਰ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਆਂਗਣਵਾੜੀ ਕੇਂਦਰਾਂ ਦੇ ਨੰਨ੍ਹੇ-ਮੁੰਨਿਆਂ ਨੂੰ ਖਿਡੌਣੇ ਵੰਡ ਕੇ ਲੋੜਵੰਦ ਬੱਚਿਆਂ ਨੂੰ ਖਿਡੌਣੇ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਰੋਡ ਵਿਖੇ ਸਥਿਤ ਆਂਗਣਵਾੜੀ ਕੇਂਦਰ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਖਿਡੌਣਿਆਂ ਦੀ ਵੰਡ ਕਰਦਿਆਂ ਉਨ੍ਹਾਂ ਨਾਲ ਸਮਾਂ ਬਿਤਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹ ਦੀਵਾਲੀ ਲੋੜਵੰਦ ਬੱਚਿਆਂ ਨੂੰ ਖੁਸ਼ੀਆਂ ਦੇ ਕੇ ਮਨਾਉਣ ਦਾ ਸੱਦਾ ਦਿੰਦਿਆਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਕੱਤਰ ਕੀਤੇ ਗਏ ਖਿਡੌਣੇ ਅੱਜ ਇਨ੍ਹਾਂ ਬੱਚਿਆਂ ਨੂੰ ਵੰਡੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਦਸ ਇਨ੍ਹਾਂ ਬੱਚਿਆਂ ਨੂੰ ਬਚਪਨ ਦੀਆਂ ਖੁਸ਼ੀਆਂ ਦੇਣਾ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ ਇਨ੍ਹਾਂ ਬੱਚਿਆਂ ਦੇ ਨਾਲ-ਨਾਲ ਸਭ ਲਈ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇੰਦਰਜੀਤ ਕੌਰ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਆਪਣੀ ਮਿੱਠੀ ਆਵਾਜ਼ ਵਿੱਚ ਕਵਿਤਾਵਾਂ ਵੀ ਸੁਣਾਈਆਂ ਗਈਆਂ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਪੂਰਥਲਾ ਚੌਕ ਵਿਖੇ ਬਕਸੇ ਸਥਾਪਤ ਕੀਤੇ ਗਏ ਹਨ, ਜਿਥੇ ਸ਼ਹਿਰ ਵਾਸੀ ਲੋੜਵੰਦ ਬੱਚਿਆਂ ਲਈ ਨਵੇਂ ਜਾਂ ਪੁਰਾਣੇ ਖਿਡੌਣੇ ਦਾਨ ਕਰ ਸਕਦੇ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਪੰਕਜ ਬਾਂਸਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਮਿਨਹਾਸ, ਸੀ.ਡੀ.ਪੀ.ਓ. ਅਰਬਨ ਨੀਲਮ ਸ਼ੂਰ ਆਦਿ ਮੌਜੂਦ ਸਨ।