ਭਾਰਤੀ ਚੋਣ ਕਮਿਸ਼ਨ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਮੋਗਾ, 8 ਅਕਤੂਬਰ (ਜਗਜੀਤ ਸਿੰਘ ਧਾਲੀਵਾਲ) ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਬਜ਼ੁਰਗਾਂ ਨੇ ਜੀਵਨ ਭਰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਨ੍ਹਾਂ ਸਾਰੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 80 ਸਾਲ ਤੋਂ ਵੱਧ ਉਮਰ ਦੇ 16599 ਦੇ ਕਰੀਬ ਵੋਟਰ ਹਨ ਜਿਨ੍ਹਾਂ ਵਿਚ 185 ਵੋਟਰਾਂ ਦੀ ਉਮਰ 100 ਸਾਲ ਤੋਂ ਵੀ ਵੱਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ 80 ਸਾਲ ਤੋਂ ਵੱਧ ਉਮਰ ਦੇ 10 ਬਜ਼ੁਰਗਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ਵਿੱਚ ਸੈਕਟਰ ਪੱਧਰ ਅਤੇ ਬੂਥ ਪੱਧਰ ’ਤੇ ਵੀ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੂਥ ਪੱਧਰ ’ਤੇ ਹਰੇਕ ਬੀ.ਐੱਲ.ਓ. ਵੱਲੋਂ ਘਰ-ਘਰ ਜਾ ਕੇ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ’ਤੇ ਮਾਣ ਹੈ ਜਿਨ੍ਹਾਂ ਨੇ ਹਮੇਸ਼ਾਂ ਹੀ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।

CATEGORIES
Share This

COMMENTS

Wordpress (0)
Disqus (0 )
Translate