10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਨੇ ਫ਼ੜਿਆ

ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ 

ਚੰਡੀਗੜ੍ਹ, 23 ਅਕਤੂਬਰ:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿੱਚ ਉਸ ਖਿਲਾਫ਼ ਦਰਜ ਕੀਤੇ ਇੱਕ ਮੁਕੱਦਮੇ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਪੁਲਿਸ ਮੁਲਾਜ਼ਮ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

CATEGORIES
Share This

COMMENTS

Wordpress (0)
Disqus (0 )
Translate