ਸੂਬੇ ਦੀਆਂ ਮੰਡੀਆਂ ਵਿਚ 95 ਫੀਸਦੀ ਝੋਨੇ ਦੀ ਹੋ ਚੁੱਕੀ ਹੈ ਖਰੀਦ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦਾਣਾ ਮੰਡੀ ਦਸੂਹਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਕਿਸਾਨਾਂ ਨੂੰ ਹੁਣ ਤੱਕ 10,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ

ਹੁਸ਼ਿਆਰਪੁਰ 27 ਅਕਤੂਬਰ(ਜਗਜੀਤ ਸਿੰਘ ਧਾਲੀਵਾਲ)
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਦਸੂਹਾ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿਚ 95 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਅਦਾਇਗੀ 24 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਐਸ.ਡੀ.ਐਮ ਪ੍ਰਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਮਧੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਉਹ ਖੁਦ ਸੂਬੇ ਦੀਆਂ ਮੰਡੀਆਂ ਵਿਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 61 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਮੰਡੀਆਂ ਵਿਚੋਂ 60 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 10,000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਕਣ ਲਈ ਆ ਰਹੀ ਫ਼ਸਲ ਦੀ ਨਮੀ ਨੂੰ ਚੈੱਕ ਕਰਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਢੁੱਕਵੇਂ ਪ੍ਰਬੰਧਨ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

CATEGORIES
Share This

COMMENTS

Wordpress (0)
Disqus (0 )
Translate