ਛੁੱਟੀ ਤੇ ਆਏ ਨੌਜਵਾਨ ਨਾਲ ਵਾਪਰਿਆ ਹਾਦਸਾ
ਪਟਿਆਲਾ 6 ਨਵੰਬਰ ਸਮਾਣਾ-ਪਾਤੜਾਂ ਰੋਡ ’ਤੇ ਪੈਂਦੇ ਪਿੰਡ ਨਾਗਰੀ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦੋ ਕਿ ਉਸ ਨਾਲ ਮੋਟਰਸਾਈਕਲ ’ਤੇ ਸਵਾਰ ਪਿੰਡ ਦੀ ਵਸਨੀਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (24) ਜੋ ਕਿ ਜਲੰਧਰ ਵਿਖੇ ਫ਼ੌਜ ਦੇ 53 ਮੀਡੀਅਮ ਰੈਜੀਮੈਂਟ ਵਿਚ ਨੌਕਰੀ ਕਰਦਾ ਸੀ ਅਤੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜ ਦਿਨ ਪਹਿਲਾਂ ਦੋ ਹਫ਼ਤਿਆਂ ਦੀ ਛੁੱਟੀ ਕੱਟਣ ਆਇਆ ਹੋਇਆ ਸੀ।ਬੀਤੇ ਕਲ ਜਦੋਂ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨਾਗਰੀ ਦੇ ਨਜ਼ਦੀਕ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਕਾਰਨ ਦੋਵੇਂ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ ਅਤੇ ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿਤਾ ਗਿਆ। ਪੁਲਿਸ ਨੇ ਦੋਵੇਂ ਵਾਹਨ ਅਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।