ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦਾ ਦੌਰਾ
ਪਿੰਡ ਗੁਰੂਸਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਚਲਾਏ ਜਾ ਰਹੇ ਪਲਾਂਟ ਦਾ ਲਿਆ ਜਾਇਜ਼ਾ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ
ਡਾ. ਰੂਹੀ ਦੁੱਗ, ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਸੰਗੂਧੌਨ, ਗਿਲਜੇਵਾਲਾ ਅਤੇ ਗੁਰੂਸਰ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਜੋ ਪਰਾਲੀ ਦੀ ਰਹਿੰਦ-ਖੂੰਹਦ ਹੈ ਉਸਨੂੰ ਵੀ ਅੱਗ ਨਾ ਲਗਾਈ ਜਾਵੇ। ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸਾਸ਼ਨ ਦਾ ਸਾਥ ਦੇ ਰਹੇ ਹਨ, ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਗਈ।
ਇਸ ਮੌਕੇ ਪਿੰਡ ਗਿਲਜੇਵਾਲਾ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤ ਵਿੱਚ ਸੁਪਰ ਸੀਡਰ ਨਾਲ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬੇਲਰ, ਹੈਪੀ ਸੀਡਰ, ਸੁਪਰ ਹੈਪੀ ਸੀਡਰ, ਜੀਰੋ ਟਿਲ ਡਰਿਲ ਅਤੇ ਸਮਾਰਟ ਸੀਡਰ ਦੀ ਕਿਸਾਨਾਂ ਨੂੰ ਕੋਈ ਕਿੱਲਤ ਮਹਿਸ਼ੂਸ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਵੱਧ ਤੋ ਵੱਧ ਸਬਸਿਡੀ ਵਾਲੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਗੁਰੂਸਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੇ ਪਲਾਂਟ ਦਾ ਨਿਰੀਖਣ ਕੀਤਾ। ਇਸ ਪਲਾਂਟ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਲਾਂਟ ਦੀ ਵਰਤੋਂ ਵਿੱਚ ਆਉਣ ਵਾਲੇ ਸੰਦ ਸਬਸਿਡੀ ਦੇ ਆਧਾਰ ’ਤੇ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਪਰਾਲੀ ਸਾੜਨ ਦੀ ਬਜਾਏ ਵੱਧ ਤੋਂ ਵੱਧ ਪਰਾਲੀ ਨੂੰ ਸਟੋਰ ਕੀਤਾ ਜਾਵੇ। ਪਰਾਲੀ ਦੀਆਂ ਗੱਠਾਂ ਤੋਂ ਤੂੜੀ ਆਦਿ ਬਣਾ ਕੇ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਗੁਆਂਢੀ ਸੂਬੇ ਰਾਜਸਥਾਨ ਨਾਲ ਉਨ੍ਹਾਂ ਦੀਆਂ ਗਊਸ਼ਾਲਾਵਾਂ ਲਈ ਕਾਰਵਾਈ ਉਲੀਕੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਢਿੱਲੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਅਤੇ ਪਰਾਲੀ ਦੇ ਟਰਾਲਿਆਂ ਦੀ ਆਵਾਜਾਈ ਸਬੰਧੀ ਰਾਹ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਗੱਠਾਂ ਸਟੋਰ ਕਰਨ ਲਈ ਥਾਂ ਵੀ ਘਾਟ ਨਾ ਆਵੇ ਇਸ ਲਈ ਸਬੰਧਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।



