ਕਨੇਡਾ ਤੋਂ ਵਾਪਸ ਆਉਣ ਲਈ ਸਮਾਨ ਪੈਕ ਕਰ ਰਹੇ ਨੌਜਵਾਨ ਦੀ ਅਚਾਨਕ ਹੋਈ ਮੌਤ
Canada ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ ਨਿਵਾਸੀ 24 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਮਨਪਾਲ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਭਾਰਤ ਆਉਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਉਸਦੇ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ ‘ਚੋਂ ਖੂਨ ਵਹਿਣ ਲੱਗਾ। ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਅਮਨਪਾਲ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਅਮਨਪਾਲ ਸਿੰਘ ਗੋਪੀ ਕੈਨੇਡਾ (Canada) ਦੇ ਸ਼ਹਿਰ ਬਰੈਮਪਟਨ (Bramton)ਵਿਖੇ ਸਟੱਡੀ ਵੀਜ਼ੇ ’ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਠਹਿਰਨ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਾ ਗਿਆ।
ਉਸ ਨੇ ਦੱਸਿਆ ਕਿ ਉਸ ਨੇ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਸੀ, ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਉਸ ਦੇ ਦਿਮਾਗ ਦੀ ਨਾੜੀ ਫਟ ਗਈ, ਜਿਸ ਕਾਰਨ ਉਸ ਦੇ ਦੋਸਤਾਂ ਨੇ ਅਮਨਪਾਲ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ।
ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਉਣ ‘ਚ ਮੱਦਦ ਕੀਤੀ ਜਾਵੇ। ਇਸ ਘਟਨਾ ਕਾਰਨ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾ ਰਹੇ ਹਨ।



