ਡਿਪਟੀ ਕਮਿਸ਼ਨਰ ਵੱਲੋਂ ਮ੍ਰਿਤਕ ਕਿਸਾਨ ਤੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਭੇਟ, ਕਿਸਾਨਾਂ ਵੱਲੋਂ ਧਰਨਾ ਸਮਾਪਤ
ਅਬੋਹਰ 23 ਜਨਵਰੀ
ਅਬੋਹਰ ਵਿਖੇ ਇੱਕ ਕਿਸਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮ੍ਰਿਤਕ ਕਿਸਾਨ ਦੀ ਪਤਨੀ ਨੂੰ ਪੰਜਾਬ ਸਰਕਾਰ ਵੱਲੋਂ 7 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਦਾ ਚੈੱਕ ਭੇਂਟ ਕੀਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਪਿਛਲੇ ਦਿਨੀ ਇਸ ਕਿਸਾਨ ਦੀ ਧਰਨੇ ਦੌਰਾਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਉਕਤ ਮ੍ਰਿਤਕ ਕਿਸਾਨ ਲਈ ਮੁਆਵਜੇ ਦੀ ਮੰਗ ਕਰ ਰਹੀਆਂ ਸਨ। ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰਦਿਆਂ ਅੱਜ 7 ਲੱਖ ਰੁਪਏ ਦੇ ਮੁਆਵਜੇ ਦਾ ਚੈੱਕ ਮ੍ਰਿਤਕ ਕਿਸਾਨ ਦੀ ਪਤਨੀ ਨੂੰ ਸੌਂਪ ਦਿੱਤਾ। ਜਿਸ ਉਪਰੰਤ ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਦੀ ਦੇਹ ਦਾ ਪੋਸਟ ਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤੀ ਅਤੇ ਕਿਹਾ ਕਿ ਉਹ ਭਲਕੇ ਮ੍ਰਿਤਕ ਦਾ ਸਸਕਾਰ ਕਰਨਗੇ।
ਇਸ ਮੌਕੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।



