ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਤਬਾਦਲਾ ਨੀਤੀ ਵਿੱਚ ਕੀਤੀ ਸੋਧ
ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਧਿਆਪਕਾਂ ਸਬੰਧੀ ਵਿਸ਼ੇਸ਼ ਫੈਸਲਾ ਕੀਤਾ ਗਿਆ। ਜਿਸ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਤਬਾਦਲਾ ਨੀਤੀ ਚ ਸੋਧ ਕੀਤੀ ਗਈ।ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ।



