ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲਾਗੂ ਕੀਤਾ CAA

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ 2019 (CAA) ਨੂੰ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। CAA ਸੰਬੰਧੀ ਨੋਟੀਫਿਕੇਸ਼ਨ ਵੀ ਹੋ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਦੇਸ਼ਾਂ ਦੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ। ਨਾਗਰਿਕਤਾ ਸੋਧ ਬਿੱਲ ਪਹਿਲੀ ਵਾਰ 2016 ਵਿੱਚ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਇਹ ਬਿੱਲ ਰਾਜ ਸਭਾ ਵਿੱਚ ਅਟਕ ਗਿਆ ਸੀ। 11 ਦਸੰਬਰ, 2019 ਨੂੰ ਸਰਕਾਰ ਨੇ ਇੱਕ ਵਾਰ ਫਿਰ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਪੇਸ਼ ਕੀਤਾ। ਇਸ ਵਾਰ ਇਹ ਬਿੱਲ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ਵਿੱਚ ਪਾਸ ਹੋ ਗਿਆ। 10 ਜਨਵਰੀ 2020 ਨੂੰ ਰਾਸ਼ਟਰਪਤੀ ਨੇ ਵੀ ਇਸ ਬਿੱਲ ਨੂੰ ਮਨਜੂਰੀ ਦੇ ਦਿੱਤੀ ਸੀ।
ਇਸ ਬਿੱਲ ਨਾਲ ਤਿੰਨ ਦੇਸ਼ਾਂ ਦੇ ਗੈਰ-ਮੁਸਲਮਾਨਾਂ ਨੂੰ ਮਿਲੇਗੀ ਨਾਗਰਿਕਤਾ।ਇਸ ਮੁੱਦੇ ‘ਤੇ ਦੇਸ਼ ਭਰ ‘ਚ ਕਈ ਵਿਰੋਧ ਪ੍ਰਦਰਸ਼ਨ ਵੀ ਹੋਏ। ਸਰਕਾਰ ਨੇ ਪਾਕਿਸਤਾਨ ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਇਹ ਐਕਟ ਪੇਸ਼ ਕੀਤਾ ਸੀ। ਇਨ੍ਹਾਂ ਦੇਸ਼ਾਂ ਵਿਚ ਸਿੱਖ, ਹਿੰਦੂ, ਜੈਨ, ਪਾਰਸੀ, ਬੋਧੀ ਅਤੇ ਈਸਾਈ ਭਾਈਚਾਰੇ ਦੇ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਗੱਲ ਕਹੀ ਗਈ ਹੈ। ਇਸ ਦੇ ਲਈ ਨਾਗਰਿਕਤਾ ਕਾਨੂੰਨ 1955 ਵਿੱਚ ਸੋਧ ਕੀਤੀ ਗਈ ਹੈ।
ਬਿੱਲ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਧਾਰਮਿਕ ਅੱਤਿਆਚਾਰ ਤੋਂ ਤੰਗ ਆ ਕੇ 31 ਦਸੰਬਰ 2014 ਤੋਂ ਪਹਿਲਾਂ ਭਾਰਤ ਵਿਚ ਸ਼ਰਨ ਲੈਣ ਵਾਲੇ ਸਾਰੇ ਗੈਰ-ਮੁਸਲਿਮ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਕਾਨੂੰਨ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਲੋਕ ਬਿਨਾਂ ਪ੍ਰਮਾਣ ਪੱਤਰਾਂ ਦੇ ਭਾਰਤ ਵਿੱਚ ਦਾਖ਼ਲ ਹੋਏ ਹਨ, ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਮੰਨਿਆ ਜਾਵੇਗਾ। ਅੱਜ ਸਵੇਰ ਤੋਂ ਹੀ ਇਸ ਗੱਲ ਦਾ ਇੰਤਜ਼ਾਰ ਸੀ ਕਿਉਂਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਵੱਡੇ ਐਲਾਨ ਕੀਤੇ ਜਾਣ ਦੀ ਚਰਚਾ ਚੱਲ ਰਹੀ ਸੀ ਲੋਕ ਸਭਾ ਚੋਣਾਂ ਦੇ ਵਿੱਚ ਭਾਜਪਾ ਨੂੰ ਇਸ ਬਿੱਲ ਦਾ ਲਾਭ ਮਿਲ ਸਕਦਾ ਹੈ। ਇਹ ਕਿਆਸ ਸਿਆਸੀ ਮਾਹਿਰਾਂ ਵੱਲੋਂ ਲਾਏ ਜਾ ਰਹੇ ਹਨ।

CATEGORIES
Share This

COMMENTS

Wordpress (0)
Disqus (0 )
Translate