ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ। ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ ‘ਤੇ ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਦਿੱਤੇ ਜਾਣ ਵਾਲੇ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਕਰਜੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ਵਿੱਚ ਮਦਦ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

CATEGORIES
Share This

COMMENTS

Wordpress (0)
Disqus (0 )
Translate