ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ.ਸ.ਸ. ਸਕੂਲ (ਲੜਕੇ) ਵਿਖੇ ਮਿਡ ਡੇ ਮੀਲ ਰੂਮ ਦਾ ਕੀਤਾ ਉਦਘਾਟਨ
– 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਹਾਲ ਵਿੱਚ ਕੁਰਸੀਆਂ ‘ਤੇ ਬੈਠ ਕੇ ਖਾਣਾ ਖਾਣਗੇ ਵਿਦਿਆਰਥੀ
ਫਿਰੋਜ਼ਪੁਰ, 2 ਦਸੰਬਰ 2022:
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਿਰੋਜ਼ਪੁਰ ਵਿੱਖੇ ਮਿਡ ਡੇ ਮੀਲ ਰੂਮ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਮਿੱਡ ਡੇ ਮੀਲ ਰੂਮ ਵਿੱਚ ਬੱਚਿਆਂ ਲਈ ਕੁਰਸੀਆਂ ‘ਤੇ ਬੈਠ ਕੇ ਖਾਣਾ ਖਾਣ ਦਾ ਉੱਚਿਤ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿੱਚ ਉੱਚ ਪੱਧਰੀ ਪੜ੍ਹਾਈ, ਖੇਡਾਂ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਬਾਅਦ ਉਨ੍ਹਾਂ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਸਕੂਲ ਦੇ ਸਟਾਫ ਤੇ ਬੱਚਿਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਢੁੱਕਵੇਂ ਹਲ ਦਾ ਭਰੋਸਾ ਦਿੱਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਜਗਦੀਪ ਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਜਗਦੀਪ ਸਿੰਘ, ਸ੍ਰੀ ਰਾਜ ਬਹਾਦੁਰ ਸਿੰਘ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਮਨੀਸ਼ ਗੁਪਤਾ, ਸ੍ਰੀ ਜਸਬੀਰ ਜੋਸਨ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਸੀ।