5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ, 15 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਉਸਦੀ ਮਾਤਾ ਦੇ ਨਾਮ ‘ਤੇ ਸੀ।
ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।