ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ
ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ
ਬਠਿੰਡਾ, 20 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਚ 12 ਫ਼ੀਸਦੀ ਤੋਂ ਵਧੇਰੇ ਨਮੀ ਦੀ ਮਾਤਰਾ ਵਾਲੀ ਕਣਕ ਦੀਆਂ ਟਰਾਲੀਆਂ ਦੀ ਮੰਡੀਆਂ ਚ ਆਮਦ ਨਾ ਹੋਣ ਦਿੱਤੀ ਜਾਵੇ।
ਇਸ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 18 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 15663.00 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 6545 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 2885.00, ਪਨਸਪ ਵੱਲੋਂ 3223.00, ਵੇਅਰਹਾਊਸ ਵੱਲੋਂ 2646.00 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 364 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।
ਇਸ ਮੌਕੇ ਸਹਾਇਕ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਸਲੋਧ ਬਿਸ਼ਨੋਈ, ਪਨਗ੍ਰੇਨ, ਮਾਰਕਫ਼ੈਡ, ਵੇਅਰਹਾਊਸ ਆਦਿ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।