ਕੋਈ ਵੀ ਬੁਖਾਰ ਹੋ ਸਕਦਾ ਹੈ ਮਲੇਰੀਆ-ਜਾਂਚ ਜਰੂਰੀ

ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਵਾਸੀ ਲੋਕਾਂ ਦਾ ਕੀਤਾ ਜਾ ਰਿਹਾ ਹੈ ਫੀਵਰ ਸਰਵੇ
ਕਪੂਰਥਲਾ 22 ਅਪ੍ਰੈਲ।ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ ਰਹਿੰਦੇ ਪ੍ਰਵਾਸੀ ਲੋਕਾਂ ਦਾ ਸਿਹਤ ਵਿਭਾਗ ਦੀ ਟੀਮ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਤਾਂ ਜੋ ਮਲੇਰੀਏ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਅਤੇ ਆਮ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕੀਤਾ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਮਲੇਰਿਏ ਰੋਕਥਾਮ, ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਾਫ-ਸਫਾਈ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਮ.ਓ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਹ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਉਨ੍ਹਾਂ ਦੱਸਿਆ ਕਿ ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ ‘ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਐਸ.ਆਈ ਬਲਕਾਰ ਸਿੰਘ ਬੱਲ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਯਾਦਵਿੰਦਰ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate