ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜ਼ਰੂਰੀ-ਜਸਪ੍ਰੀਤ ਸਿੰਘ
ਕਿਹਾ, ਨੌਜਵਾਨਾਂ ਲਈ ਦੇਸ਼ ਦੇ ਭਵਿੱਖ ਨੂੰ ਬਣਾਉਣ ਲਈ ਵੋਟ ਦੀ ਮਹੱਤਤਾ ਨੂੰ ਸਮਝਣਾ ਸਮੇਂ ਦੀ ਮੁੱਖ ਲੋੜ
ਬਠਿੰਡਾ, 9 ਮਈ । ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਾਲੇ ਦੇਸ਼ ਭਾਰਤ ਵਿੱਚ ਵੋਟਰਾਂ ਦੀ ਅਹਿਮ ਭੂਮਿਕਾ ਹੈ। ਲੋਕ ਭਾਗੀਦਾਰੀ ਵਾਲੇ ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜਿੱਥੇ ਜ਼ਰੂਰੀ ਹੈ ਉਥੇ ਲੋਕਾਂ ਨੂੰ ਵੋਟਿੰਗ ਬਾਰੇ ਆਪਣਾ ਨਜ਼ਰੀਆ ਬਦਲਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਵੋਟਰ ਐਜੂਕੇਸ਼ਨ ਤੇ ਜਾਗਰੂਕਤਾ ਪ੍ਰੋਗਰਾਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਦੇਸ਼ ਦੇ ਭਵਿੱਖ ਨੂੰ ਬਣਾਉਣ ਲਈ ਵੋਟ ਦੀ ਮਹੱਤਤਾ ਨੂੰ ਸਮਝਣ। ਸੰਬੋਧਨ ਦੌਰਾਨ ਉਨ੍ਹਾਂ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਦੀ ਮਹੱਤਤਾ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਨਾਗਰਿਕਾਂ ਦੀ ਭੂਮਿਕਾ ਸਮੇਤ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਰਾਹੀਂ ਚੋਣਾਂ ਕਰਵਾ ਰਿਹਾ ਹੈ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਉਨ੍ਹਾਂ ਨਾਗਰਿਕਾਂ ਨੂੰ ਘਰ ਤੋਂ ਵੋਟ ਪਾਉਣ ਦਾ ਵਿਕਲਪ ਵੀ ਪ੍ਰਦਾਨ ਕਰਦਾ ਹੈ ਜੋ ਵਧੇਰੀ ਉਮਰ ਜਾਂ ਹੋਰ ਕਾਰਨਾਂ ਕਰਕੇ ਪੋਲਿੰਗ ਸਟੇਸ਼ਨਾਂ ‘ਤੇ ਨਹੀਂ ਜਾ ਸਕਦੇ ਹਨ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਚੋਣ ਡਿਊਟੀ ‘ਤੇ ਕਾਰਜਸ਼ੀਲ ਵੋਟਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦਾ ਵਿਕਲਪ ਵੀ ਪ੍ਰਦਾਨ ਕਰਦਾ ਹੈ।
ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਚਲਾਈ ਗਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵਿਸਥਾਰ ਵਿੱਚ ਦੱਸਿਆ ਤਾਂ ਜੋ ਚੋਣਾਂ ਦੌਰਾਨ ਨੌਜਵਾਨਾਂ ਵੋਟਰਾਂ ਦੀ ਭਾਗੀਦਾਰੀ ਵਿੱਚ ਵਾਧਾ ਦਰਜ ਕੀਤਾ ਜਾ ਸਕੇ। ਉਨ੍ਹਾਂ ਨੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਵਾਲੀ ਇਕ ਸਥਿਰ ਸਰਕਾਰ ਚੁਣਨ ਲਈ ਵੋਟਰਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਪਹਿਲੀ ਵਾਰ ਵੋਟਰਾਂ ਅਤੇ ਨੌਜਵਾਨਾਂ ਨੂੰ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਜਸ਼ਨ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਲੋਕ ਸਭਾ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਵੋਟ ਸਾਡੇ ਲੋਕਤੰਤਰ ਦਾ ਇੱਕ ਮਹੱਤਵਪੂਰਨ ਅੰਗ ਹੈ ਜੋ ਹਰ ਨਾਗਰਿਕ ਨੂੰ ਆਪਣੀ ਸਰਕਾਰ ਚੁਣਨ ਦਾ ਅਧਿਕਾਰ ਦਿੰਦਾ ਹੈ, ਸਾਨੂੰ ਜ਼ਿੰਮੇਵਾਰੀ ਨਾਲ ਇਸ ਅਧਿਕਾਰ ਦੀ ਵਰਤੋਂ ਕਰਨ ਦੀ ਲੋੜ ਹੈ।
ਇਸ ਦੌਰਾਨ ਪਰਫਾਰਮਿੰਗ ਆਰਟਸ ਅਤੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਕੁਲੀਨ ਕੁਮਾਰ ਜੋਸ਼ੀ ਅਤੇ ਡਾ. ਅਦੀਸ਼ ਕੁਮਾਰ ਵਰਮਾ ਦੁਆਰਾ ਨਿਰਦੇਸ਼ਤ ‘ਗਣਤੰਤਰ ਕਾ ਮਹਾਪਰਵ’ ਵਿਸ਼ੇ ‘ਤੇ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ।
ਇਸ ਮੌਕੇ ਰਜਿਸਟਰਾਰ ਡਾ. ਵਿਜੇ ਸ਼ਰਮਾ, ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ, ਨੋਡਲ ਅਫਸਰ ਪ੍ਰੋਫੈਸਰ ਬਾਵਾ ਸਿੰਘ, ਈਐਲਸੀ ਨੋਡਲ ਅਫ਼ਸਰ ਡਾ. ਨੀਲੂ ਰਾਵਤ, ਡਾ. ਸੰਦੀਪ ਸਿੰਘ, ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪਿੰਡ ਘੁੱਦਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਸਮੇਤ 250 ਤੋਂ ਵੱਧ ਪ੍ਰਤੀਭਾਗੀਆਂ ਨੇ ਉਤਸ਼ਾਹ ਨਾਲ ਭਾਗ ਲਿਆ।