ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ ਜ਼ਿਲ੍ਹਾ ਚੋਣ ਅਫ਼ਸਰ
ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਕਰਵਾਇਆ ਜਾਣੂ
ਨਿਗਰਾਨਾਂ ਵਲੋਂ ਹੁਣ ਤੱਕ ਦੀਆਂ ਚੋਣ ਗਤੀਵਿਧੀਆਂ ’ਤੇ ਪ੍ਰਗਟਾਈ ਸੰਤੁਸ਼ਟੀ
ਬਠਿੰਡਾ, 14 ਮਈ (ਐੱਸ ਐੱਸ ਢਿੱਲੋਂ) ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਹੁਣ ਤੱਕ ਦੀ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਜਾਣੂ ਕਰਵਾਉਣ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।
ਇਸ ਮੌਕੇ ਮੌਜੂਦ ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ (ਆਈਏਐਸ), ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ (ਆਈਪੀਐਸ), ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟੇ ਅਧਿਕਾਰੀ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਭਵਿੱਖ ਵਿੱਚ ਵੀ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਹੁਣ ਤੱਕ ਦੀ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਚੋਣਾਂ ਨੂੰ ਸਫਲਤਾਪੂਵਰਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ ਦੇ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਾਰਜਾਂ, ਅਗਾਊਂ ਤਿਆਰੀਆਂ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਗਿਣਤੀ 1659129 ਹੈ। ਇਨ੍ਹਾਂ ਵਿਚ 877720 ਮਰਦ ਵੋਟਰ, 781375 ਔਰਤ ਵੋਟਰ ਹਨ, ਜਦਕਿ 34 ਟਰਾਂਸਜੈਂਡਰ ਵੋਟਰ ਹਨ। ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 234 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 229 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 5 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (c-vigil) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti2024@gmail.com, ਟੋਲ ਫ਼ਰੀ ਨੰਬਰ 1800-180-2950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ 1950 ’ਤੇ ਰਾਬਤਾ ਕੀਤਾ ਜਾ ਸਕਦਾ ਹੈ।
ਇਸੇ ਮੌਕੇ ਐਸਐਸਪੀ ਬਠਿੰਡਾ, ਸ਼੍ਰੀ ਦੀਪਕ ਪਾਰੀਕ, ਐਸਐਸਪੀ ਮਾਨਸਾ ਡਾ. ਨਾਨਕ ਸਿੰਘ, ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਮੀਨਾ ਨੇ ਪੁਲਿਸ ਪ੍ਰਸ਼ਾਸਨ ਵਲੋਂ ਕਾਨੂੰਨ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਸਟੇਟ ਤੇ ਇੰਟਰ ਸਟੇਟ ਨਾਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਨੇ ਹੁਣ ਤੱਕ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾ ਮੌਜੂਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼, ਖਰਚਾ ਟੀਮਾਂ ਦੇ ਅਧਿਕਾਰੀਆਂ ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਿਰਧਾਰਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।