ਚੋਣਾਂ ਦੇ ਮੱਦੇਨਜ਼ਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀਆਂ ਸਰਹੱਦਾਂ ਨੂੰ ਕੀਤਾ ਗਿਆ ਹੈ ਸੀਲ
ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ
ਸ੍ਰੀ ਮੁਕਤਸਰ ਸਾਹਿਬ (ਜਗਜੀਤ ਸਿੰਘ ਧਾਲੀਵਾਲ) ਮਾਨਯੋਗ ਚੋਣ ਕਮਿਸ਼ਨ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਜ਼ਿਲਾ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਇਸ ਦੇ ਨਾਲ ਹੀ ਜਿਲੇ ਦੇ ਨਾਲ ਲੱਗਦੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨੂੰ ਨਾਕਾਬੰਦੀ ਕਰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਅਤੇ ਸੀਲ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਨੱਥ ਪਾਈ ਜਾ ਸਕੇ ਅਤੇ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ। ਇਸ ਦੇ ਚਲਦਿਆਂ ਅੱਜ ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ੍ਰੀ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀਆਂ ਰਾਜਸਥਾਨ ਅਤੇ ਹਰਿਆਣਾ ਦੀਆਂ ਸਰਹੱਦਾ ਤੇ ਲੱਗੇ ਨਾਕੇ ਲਗਾ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਇਸ ਮੌਕੇ ਸ੍ ਫਤਿਹ ਸਿੰਘ ਬਰਾੜ ਡੀ.ਐਸ.ਪੀ ਲੰਬੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਨਾਲ ਲੱਗਦੀਆਂ ਸਰਹੱਦਾਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਹਰਿਆਣਾ ਸੂਬੇ ਨਾਲ ਲੱਗਦੀਆਂ ਸਰਹੱਦਾਂ ਤੇ 13 ਨਾਕੇ ਲਗਾਏ ਗਏ ਹਨ ਅਤੇ ਰਾਜਸਥਾਨ ਸੂਬੇ ਦੀਆ ਸਰਹੱਦਾਂ ਤੇ 06 ਨਾਕੇ ਲਗਾਏ ਗਏ ਹਨ ਅਤੇ ਇਹਨਾਂ ਨਾਕਿਆ ਨਾਲ ਜਾਂਦੇ ਰਸਤਿਆਂ ਤੇ ਪੈਟਰੋਲਿੰਗ ਪਾਰਟੀਆਂ ਤੈਨਾਤ ਕੀਤੀਆਂ ਗਈਆਂ ਹਨ ਜਿਨਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਨਾਕਿਆ ਤੇ 24 ਘੰਟੇ ਪੁਲਿਸ ਮੁਲਾਜ਼ਮਾਂ ਦੇ ਨਾਲ ਪੈਰਾਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਜਿਨ੍ਹਾ ਵੱਲੋਂ ਸਰਹੱਦ ਤੋਂ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਤੇ ਬਾਜ ਅੱਖ ਰੱਖ ਕੇ ਨਜਾਇਜ਼ ਸ਼ਰਾਬ, ਕੈਸ਼, ਸਮਗਲਿੰਗ ਅਤੇ ਹਰ ਪ੍ਰਕਾਰ ਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇੰਨ੍ਹਾਂ ਨਾਕਿਆ ਤੇ ਖਾਸ ਤੌਰ ਤੇ ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਜਿਸ ਤੇ ਸਰਹੱਦਾ ਪਰ ਹੋਣ ਵਾਲੀਆਂ ਗਤੀ ਵਿਧੀਆਂ ਨੂੰ ਇਕ ਦੂਸਰੇ ਨਾਲ ਸ਼ੇਅਰ ਕਰ ਕੇ ਧਿਆਨ ਰੱਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਕੋਈ ਜਾਣਕਾਰੀ ਸਾਂਝੀ ਕਰਨੀ ਹੈ ਤਾਂ ਸਾਡੇ ਹੈਲਪਲਾਈਨ 8054370100 ਅਤੇ ਥਾਣਾ ਕਿੱਲਿਆਂਵਾਲੀ ਦਾ ਮੋਬਾਇਲ ਨੰ. 7888493965 ਤੇ ਸੰਪਰਕ ਕਰ ਸਕਦੇ ਹੋ।



