ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੇ ਭੰਗ ਕੀਤੀ ਪਿਕਅੱਪ ਯੂਨੀਅਨ, ਨਾਜਾਇਜ਼ ਵਸੂਲੀ ਦੀਆਂ ਸ਼ਿਕਾਇਤਾਂ ਮਿਲਣ ‘ਤੇ ਕਾਰਵਾਈ ਦੇ ਹੁਕਮ
-ਕਿਹਾ ਗੁੰਡਾਗਰਦੀ ਬਰਦਾਸ਼ਤ ਨਹੀਂ ਹੋਵੇਗੀ

ਅਬੋਹਰ, 06 ਦਸੰਬਰ:
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਮੰਗਲਵਾਰ ਨੂੰ ਅਬੋਹਰ ਦੀ ਪਿਕਅੱਪ ਯੂਨੀਅਨ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਜਬਰੀ ਵਸੂਲੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ-ਪ੍ਰਸ਼ਾਸਨ ਨੂੰ ਪਿਕਅੱਪ ਯੂਨੀਅਨ ਭੰਗ ਕਰਨ ਦੇ ਹੁਕਮ ਦਿੱਤੇ ਹਨ। ਮੰਗਲਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਅਬੋਹਰ ਵਿਖੇ ਅਬੋਹਰ ਅਤੇ ਬੱਲੂਆਣਾ ਦੇ ਪੁਲਿਸ-ਪ੍ਰਸ਼ਾਸਨ ਨਾਲ ਇੱਕ ਜ਼ਰੂਰੀ ਮੀਟਿੰਗ ਕਰਦੇ ਹੋਏ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਜੋ ਪਿਕਅੱਪ ਯੂਨੀਅਨਾਂ ਬਣੀਆਂ ਹਨ, ਉਨ੍ਹਾਂ ਵੱਲੋਂ ਨਾਜਾਇਜ਼ ਤੌਰ ‘ਤੇ ਵਸੂਲੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਵਸੂਲੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਮੁਸਾਫਿਰ ਨੇ ਇਸ ਮਾਮਲੇ ‘ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੀਆਂ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ ਹਨ ਅਤੇ ਅਜਿਹੀ ਕਿਸੇ ਵੀ ਸ਼ਿਕਾਇਤ ‘ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਪਿਕਅੱਪ ਯੂਨੀਅਨ ਅਬੋਹਰ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੇ ਹੁਕਮ ਦਿੱਤੇ।ਵਿਧਾਇਕ ਨੇ ਕਿਹਾ ਕਿ ਗੁੰਡਾਗਰਦੀ ਬਰਦਾਸ਼ਤ ਨਹੀਂ ਹੋਵੇਗੀ। ਇਸ ਮੌਕੇ ਐਸਡੀਐਮ ਅਬੋਹਰ ਆਕਾਸ਼ ਬਾਂਸਲ, ਨਾਇਬ ਤਹਿਸੀਲਦਾਰ ਅਬੋਹਰ ਜਸਵੀਰ ਸਿੰਘ, ਡੀਐਸਪੀ ਅਬੋਹਰ ਸੁਖਵਿੰਦਰ ਸਿੰਘ, ਡੀਐਸਪੀ ਬੱਲੂਆਣਾ ਵਿਭੋਰ ਸ਼ਰਮਾ, ਐਸਐਚਓ ਅਬੋਹਰ ਸਿਟੀ-1 ਗੁਰਮੀਤ ਸਿੰਘ, ਐਸਐਚਓ ਬਹਾਵਵਾਲਾ ਬਲਵਿੰਦਰ ਸਿੰਘ ਟੋਹਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


